Press "Enter" to skip to content

ਪੰਜਾਬ ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲ਼ਿਆ ; ਦੋ ਗ੍ਰਨੇਡਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ/ਬਠਿੰਡਾ, 18 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਨੇ ਦੋ ਮੁਲਜ਼ਮਾਂ ਨੂੰ ਦੋ ਹੈਂਡ ਗ੍ਰਨੇਡਾਂ ਸਮੇਤ ਗ੍ਰਿਫ਼ਤਾਰ ਕਰਕੇ ਸੰਭਾਵੀ ਅੱਤਵਾਦੀ ਹਮਲੇ ਨੂੰ ਟਾਲ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬੂਟਾ ਸਿੰਘ ਉਰਫ਼ ਗੁਰਪ੍ਰੀਤ ਸਿੰਘ ਉਰਫ਼ ਗੋਪੂ ਵਾਸੀ ਗਿੱਲਵਾਲੀ (ਫਿਰੋਜ਼ਪੁਰ) ਅਤੇ ਹਰਮੰਦਰ ਸਿੰਘ ਉਰਫ਼ ਨਿੱਕਾ ਵਾਸੀ ਮੋਠਾਂਵਾਲੀ (ਮੋਗਾ ), ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੇ ਗਏ ਗ੍ਰਨੇਡ ਸਰਹੱਦ ਪਾਰ ਦੀ ਗੈਰ-ਕਾਨੂੰਨੀ ਸਪਲਾਈ-ਚੇਨ ਦਾ ਹਿੱਸਾ ਸਨ, ਜਿਸਦਾ ਉਦੇਸ਼ ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਭੰਗ ਕਰਨਾ ਸੀ।

ਡੀਜੀਪੀ ਨੇ ਕਿਹਾ ਕਿ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਅਤੇ ਇਸ ਮਾਡਿਊਲ ਵਿੱਚ ਸ਼ਾਮਲ ਹੋਰ ਮੈਂਬਰਾਂ ਦੀ ਪਛਾਣ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਸਹਾਇਕ ਇੰਸਪੈਕਟਰ ਜਨਰਲ ਆਫ਼ ਪੁਲਿਸ (ਏ.ਆਈ.ਜੀ.) ਸੀ.ਆਈ. ਬਠਿੰਡਾ ਅਵਨੀਤ ਕੌਰ ਸਿੱਧੂ ਨੇ ਕਿਹਾ ਕਿ ਪੁਲਿਸ ਟੀਮਾਂ ਨੂੰ ਭਰੋਸੇਯੋਗ ਸੂਤਰਾਂ ਤੋਂ ਪੁਖ਼ਤਾ ਇਤਲਾਹ ਮਿਲੀ ਸੀ ਕਿ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਕਾਰਕੁਨਾਂ ਨੇ ਹੈਂਡ ਗ੍ਰਨੇਡ ਪ੍ਰਾਪਤ ਕੀਤੇ ਹਨ। ਇਸ ਪੁਖ਼ਤਾ ਇਤਲਾਹ ’ਤੇ ਫ਼ੌਰੀ ਕਾਰਵਾਈ ਕਰਦੇ ਹੋਏ ਸੀ.ਆਈ. ਬਠਿੰਡਾ ਦੀ ਪੁਲਿਸ ਟੀਮ ਨੇ ਮੋਗਾ-ਫਿਰੋਜ਼ਪੁਰ ਰੋਡ ਤੋਂ ਦੋਵਾਂ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹੈਂਡ ਗ੍ਰਨੇਡ ਬਰਾਮਦ ਕੀਤੇ।

ਏ.ਆਈ.ਜੀ. ਨੇ ਕਿਹਾ ਕਿ ਕਾਊਂਟਰ ਇੰਟੈਲੀਜੈਂਸ ਟੀਮਾਂ ਦੀ ਮੁਸਤੈਦ ਤੇ ਸਰਗਰਮ ਕਾਰਵਾਈ ਸਦਕਾ ਅਣਸੁਖਾਵੀਂ ਵਾਰਦਾਤ ਨੂੰ ਨਾਕਾਮ ਕਰ ਦਿੱਤਾ ਹੈ।

ਇਸ ਸਬੰਧ ਵਿੱਚ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਫਾਜ਼ਿਲਕਾ ਵਿਖੇ ਵਿਸਫੋਟਕ ਐਕਟ ਦੀ ਧਾਰਾ 3, 4 ਅਤੇ 5 ਤਹਿਤ ਐਫਆਈਆਰ ਨੰਬਰ 06 ਮਿਤੀ 17.03.2026 ਨੂੰ ਕੇਸ ਦਰਜ ਕੀਤਾ ਗਿਆ ਹੈ।

More from Latest NewsMore posts in Latest News »
More from NewsMore posts in News »
More from PunjabMore posts in Punjab »
More from PunjabiMore posts in Punjabi »

Be First to Comment

Leave a Reply

Your email address will not be published. Required fields are marked *