Press "Enter" to skip to content

ਮਾਨ ਸਰਕਾਰ ਨੇ ਨਹਿਰੀ ਪਾਣੀ ਦੀ ਵਰਤੋਂ 21 ਫੀਸਦੀ ਤੋਂ 70 ਫੀਸਦੀ ਕੀਤੀ: ਤਰੁਨਪ੍ਰੀਤ ਸੌਂਦ

ਮਹਿਲ ਕਲਾਂ, 25 ਮਾਰਚ : ਗ਼ਦਰ ਲਹਿਰ ਦੇ ਮਹਾਨ ਸ਼ਹੀਦ ਰਹਿਮਤ ਅਲੀ ਦੀ ਮਹਾਨ ਸ਼ਹਾਦਤ ਨੂੰ ਪੰਜਾਬ ਸਰਕਾਰ ਸਿਜਦਾ ਕਰਦੀ ਹੈ। ਸ਼ਹੀਦਾਂ ਦੀ ਬਦੌਲਤ ਅਸੀਂ ਅੱਜ ਆਜ਼ਾਦ ਫਿਜ਼ਾ ਵਿਚ ਸਾਹ ਲੈ ਰਹੇ ਹਾਂ, ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲਿਆਂ ਵਿਚ ਪੰਜਾਬੀ ਮੋਹਰੀ ਸਨ ਤੇ 90 ਫੀਸਦੀ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ।
ਇਹ ਪ੍ਰਗਟਾਵਾ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸ਼ਹੀਦ ਰਹਿਮਤ ਅਲੀ ਮੈਮੋਰੀਅਲ ਸਰਕਾਰੀ ਹਾਈ ਸਕੂਲ ਵਜੀਦਕੇ ਖੁਰਦ ਵਿੱਚ ਸ਼ਹੀਦ ਰਹਿਮਤ ਅਲੀ ਦੇ ਸ਼ਰਧਾਂਜਲੀ ਸਮਾਗਮ ਦੌਰਾਨ ਕੀਤਾ। ਇਸ ਮੌਕੇ ਉਹਨਾਂ ਪਿੰਡ ਵਜੀਦਕੇ ਕਲਾਂ ਅਤੇ ਵਜੀਦਕੇ ਖੁਰਦ ਦੇ ਵਿਕਾਸ ਕਾਰਜਾਂ ਨੂੰ ਹੁਲਾਰਾ ਦੇਣ ਲਈ 10 ਲੱਖ ਰੁਪਏ ਵਿਸ਼ੇਸ਼ ਅਧਿਕਾਰ ਫੰਡਾਂ ਵਿਚੋਂ ਦੇਣ ਦਾ ਐਲਾਨ ਕੀਤਾ।
ਇਸ ਮੌਕੇ ਉਹਨਾਂ ਕਿਹਾ ਕਿ ਮਾਨ ਸਰਕਾਰ ਨੇ 4 ਸਾਲਾਂ ਵਿਚ ਜਿਥੇ ਕਰੋੜਾਂ ਦੇ ਵਿਕਾਸ ਕਾਰਜ ਕਰਵਾਏ ਹਨ ਓਥੇ ਕਈ ਭਲਾਈ ਸਕੀਮਾਂ ਵੀ ਲਿਆਂਦੀਆਂ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਪਹਿਲੇ ਸਾਲ ਹੀ ਨਹਿਰੀ ਪਾਣੀ ਖੇਤ ਖੇਤ ਪਹੁੰਚਾਉਣ ਦੇ ਉਪਰਾਲੇ ਕੀਤੇ। ਨਹਿਰਾਂ, ਖਾਲਾਂ, ਮਾਈਨਰਾਂ, ਪਾਇਪਲਾਈਨਾਂ ਦੇ ਕਰੋੜਾਂ ਦੇ ਪ੍ਰੋਜੈਕਟ ਲਿਆਂਦੇ ਗਏ, ਜਿਸ ਸਦਕਾ ਨਹਿਰੀ ਪਾਣੀ ਦੀ ਵਰਤੋਂ 21 ਤੋਂ 70 ਫ਼ੀਸਦੀ ਹੋ ਗਈ। ਓਹਨਾਂ ਵਿਰੋਧੀਆਂ ਉੱਤੇ ਵਾਰ ਕਰਦਿਆਂ ਕਿਹਾ ਕਿ ਜਿਹੜੇ ਆਪਣੇ ਆਪ ਨੂੰ ਪਾਣੀਆਂ ਦੇ ਰਾਖੇ ਕਹਾਉਂਦੇ ਹਨ, ਓਹਨਾਂ ਨੇ ਪੰਜਾਬ ਦੇ ਪਾਣੀਆਂ ਦੀ ਲੁੱਟ ਕਰਵਾਈ, ਜਦਕਿ ਮਾਨ ਸਰਕਾਰ ਨੇ ਨਹਿਰੀ ਪਾਣੀ ਵਰਤੋਂ ਵਿਚ ਲਿਆ ਕੇ ਪਾਣੀਆਂ ਦੇ ਰਾਖੇ ਹੋਣ ਦਾ ਸਬੂਤ ਦਿੱਤਾ।
ਓਹਨਾਂ ਕਿਹਾ ਕਿ ਕੇਂਦਰ ਸਰਕਾਰਾਂ ਨੇ ਵੀ ਪੰਜਾਬ ਨਾਲ ਹਮੇਸ਼ਾ ਮਤਰੇਆ ਸਲੂਕ ਕੀਤਾ ਜਦਕਿ ਪੰਜਾਬ ਨੇ ਪੂਰੇ ਦੇਸ਼ ਦੇ ਅਨਾਜ ਭੰਡਾਰ ਵਿਚ ਯੋਗਦਾਨ ਪਾ ਕੇ ਦੇਸ਼ ਦਾ ਢਿੱਡ ਭਰਿਆ ਹੈ।
ਓਹਨਾਂ ਕਿਹਾ ਕਿ ਮਾਨ ਸਰਕਾਰ ਨੇ ਸਿੱਖਿਆ ਅਤੇ ਸਿਹਤ ਖੇਤਰ ਵਿਚ ਕ੍ਰਾਂਤੀਕਾਰੀ ਕੰਮ ਕੀਤੇ ਹਨ। ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਖੇਡਾਂ ਨਾਲ ਜੋੜਨ ਲਈ 3100 ਮਾਡਲ ਖੇਡ ਮੈਦਾਨ ਬਣਾਏ ਜਾ ਰਹੇ ਹਨ ਅਤੇ ਜ਼ਿਲ੍ਹਾ ਬਰਨਾਲਾ ਵਿੱਚ ਕਰੋੜਾਂ ਦੀ ਲਾਗਤ ਨਾਲ 94 ਖੇਡ ਮੈਦਾਨਾਂ ਦਾ ਕੰਮ ਚੱਲ ਰਿਹਾ ਹੈ। ਇਸ ਮੌਕੇ ਉਹਨਾਂ ਸਕੂਲ ਦਾ ਮੈਗਜ਼ੀਨ ” ਰਹਿਮਤ ਅਤੇ ਰਿਸ਼ਮਾਂ ਵੀ ਰਿਲੀਜ਼ ਕੀਤਾ।
ਇਸ ਮੌਕੇ ਵਿਧਾਇਕ ਮਹਿਲ ਕਲਾਂ ਅਤੇ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਪੰਜਾਬ ਵਿਧਾਨ ਸਭਾ ਸ. ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਿਜਦਾ ਕਰਨ ਦਾ ਇਹ ਪਿੰਡ ਵਾਸੀਆਂ ਦਾ ਸ਼ਲਾਘਾਯੋਗ ਉਪਰਾਲਾ ਹੈ। ਓਹਨਾਂ ਕਿਹਾ ਕਿ ਆਪਣੇ ਬੱਚਿਆਂ ਨੂੰ ਮਹਾਨ ਸ਼ਹੀਦਾਂ ਦੀ ਵਿਰਾਸਤ ਤੋਂ ਜਾਣੂੰ ਕਰਵਾਉਣਾ ਅੱਜ ਦੀ ਵੱਡੀ ਲੋੜ ਹੈ।
ਇਸ ਮੌਕੇ ਵਿਧਾਇਕ ਸ. ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਰਹਿਮਤ ਅਲੀ ਜੀ ਨੇ ਆਜ਼ਾਦੀ ਲਈ ਸ਼ਹਾਦਤ ਦਾ ਜਾਮ ਪੀਤਾ। ਅੱਜ ਅਸੀਂ ਸ਼ਹੀਦਾਂ ਦੀ ਕੁਰਬਾਨੀ ਸਦਕਾ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਓਹਨਾਂ ਕਿਹਾ ਕਿ ਜਿਹੜੀਆਂ ਕੌਮਾਂ ਸ਼ਹੀਦਾਂ ਨੂੰ ਯਾਦ ਰੱਖਦੀਆਂ ਹਨ, ਉਹੀ ਕੌਮਾਂ ਆਪਣੀ ਹੋਂਦ ਨੂੰ ਕਾਇਮ ਰੱਖ ਸਕਦੀਆਂ ਹਨ।  ਇਸ ਮੌਕੇ ਸਕੂਲੀ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਆਧਾਰਿਤ ਪੇਸ਼ਕਾਰੀਆਂ ਦਿੱਤੀਆਂ ਗਈਆਂ।
ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ. ਪਰਮਿੰਦਰ ਸਿੰਘ ਭੰਗੂ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸੁਨੀਤਇੰਦਰ ਸਿੰਘ, ਸਕੂਲ ਮੁਖੀ ਵਜੀਦਕੇ ਖੁਰਦ ਜਸਵਿੰਦਰ ਸਿੰਘ, ਰਘਬੀਰ ਸਿੰਘ ਹੈੱਡ ਟੀਚਰ ਵਜੀਦਕੇ ਕਲਾਂ, ਪਿੰਡ ਦੇ ਮੋਹਤਬਰਾਂ ਅਤੇ ਪੰਚਾਇਤੀ ਨੁਮਾਇੰਦਿਆਂ ਵਿਚ ਦਾਰਾ ਸਿੰਘ, ਅਮਨਦੀਪ ਸਿੰਘ ਗੋਲਡੀ, ਕੁਲਵਿੰਦਰ ਸਿੰਘ, ਬਲਤੇਜ ਸਿੰਘ, ਕਲੱਬ ਪ੍ਰਧਾਨ ਸਮਿੰਦਰ ਸਿੰਘ, ਰਾਮ ਸਿੰਘ, ਜਗਰਾਜ ਸਿੰਘ, ਮਨਦੀਪ ਸਿੰਘ, ਕੁਲਵਿੰਦਰ ਸਿੰਘ ਕਿੰਦਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
More from Latest NewsMore posts in Latest News »
More from NewsMore posts in News »
More from PunjabMore posts in Punjab »
More from PunjabiMore posts in Punjabi »

Be First to Comment

Leave a Reply

Your email address will not be published. Required fields are marked *