Press "Enter" to skip to content

ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ/ਪੰਜਾਬ, 10 ਅਪ੍ਰੈਲ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਖੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਉਨ੍ਹਾਂ ਨੇ ਸੂਬੇ ਦੇ ਕਿਸਾਨਾਂ ਅਤੇ ਮੰਡੀਆਂ ਲਈ ਕਈ ਅਹਿਮ ਰਾਹਤ ਉਪਾਅ ਯਕੀਨੀ ਬਣਾਏ। ਇਸ ਦੌਰਾਨ ਕੇਂਦਰ ਨੇ ਪੰਜਾਬ ਵਿੱਚ ਪਏ 155 ਲੱਖ ਮੀਟ੍ਰਿਕ ਟਨ ਅਨਾਜ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਲਈ ਸਹਿਮਤੀ ਦਿੱਤੀ ਜਿਸ ਨਾਲ ਹਾੜੀ ਮੰਡੀਕਰਨ ਸੀਜ਼ਨ ਤੋਂ ਪਹਿਲਾਂ ਸੂਬੇ ਵਿੱਚ ਅਨਾਜ ਦੇ ਭੰਡਾਰਨ ਸਬੰਧੀ ਗੰਭੀਰ ਸੰਕਟ ਨਾਲ ਨਜਿੱਠਣ ਵਿੱਚ ਮਦਦ ਮਿਲੇਗੀ।

ਇਸ ਦਖਲ ਦੇ ਨਾਲ-ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ‘ਤੇ ਬੋਝ ਬਣੇ ਢਾਂਚਾਗਤ ਮੁੱਦਿਆਂ ਦੇ ਹੱਲ ‘ਤੇ ਜ਼ੋਰ ਦਿੱਤਾ, ਜਿਸ ਵਿੱਚ ਉੱਚ ਨਕਦ ਕਰਜ਼ਾ ਵਿਆਜ ਦਰਾਂ, ਪੇਂਡੂ ਵਿਕਾਸ ਫੰਡ ਅਧੀਨ ਲੰਬਿਤ 9,000 ਕਰੋੜ ਰੁਪਏ, ਗੜੇਮਾਰੀ ਨਾਲ ਪ੍ਰਭਾਵਿਤ ਫਸਲਾਂ ਲਈ ਮੁਆਵਜ਼ਾ ਅਤੇ ਆੜ੍ਹਤੀਆਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਸ਼ਾਮਲ ਹਨ। ਕੇਂਦਰੀ ਮੰਤਰੀ ਨੇ ਇਹਨਾਂ ਮੁੱਦਿਆਂ ਦੇ ਸਬੰਧ ਵਿੱਚ ਸਕਾਰਾਤਮਕ ਹੁੰਗਾਰਾ ਭਰਿਆ ਅਤੇ ਲੰਬਿਤ ਮੁੱਦਿਆਂ ਦੇ ਹੱਲ ਲਈ ਸਕੱਤਰ ਪੱਧਰੀ ਪ੍ਰਣਾਲੀ ਸਿਰਜਣ ਸਮੇਤ ਠੋਸ ਕਦਮ ਚੁੱਕਣ ਦਾ ਭਰੋਸਾ ਦਿੱਤਾ।

ਐਕਸ ਹੈਂਡਲ ‘ਤੇ ਮੀਟਿੰਗ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ: “ਅੱਜ ਦਿੱਲੀ ਵਿਖੇ ਮੈਂ ਕੇਂਦਰੀ ਖੁਰਾਕ ਮੰਤਰੀ ਪ੍ਰਹਿਲਾਦ ਜੋਸ਼ੀ ਜੀ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਦੌਰਾਨ, ਅਸੀਂ ਆੜ੍ਹਤੀਆਂ ਦੀਆਂ ਮੰਗਾਂ ਸਮੇਤ ਪੰਜਾਬ ਨਾਲ ਸਬੰਧਤ ਵੱਖ-ਵੱਖ ਮੁੱਖ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ।”

ਮੁੱਖ ਮੰਤਰੀ ਨੇ ਅੱਗੇ ਲਿਖਿਆ: “ਮੀਟਿੰਗ ਦੌਰਾਨ ਕੇਂਦਰ ਸਾਹਮਣੇ ਅਹਿਮ ਮੁੱਦੇ ਉਠਾਏ ਗਏ ਜਿਸ ਵਿੱਚ ਪੰਜਾਬ ‘ਚ ਪਈ 155 ਲੱਖ ਮੀਟ੍ਰਿਕ ਟਨ ਕਣਕ ਅਤੇ ਚੌਲਾਂ ਦੀ ਤੁਰੰਤ ਲਿਫਟਿੰਗ ਅਤੇ ਆਰਡੀਐਫ ਅਧੀਨ ਬਕਾਇਆ 9,000 ਕਰੋੜ ਰੁਪਏ ਦੀ ਤੁਰੰਤ ਅਦਾਇਗੀ ਕਰਨ ਸਬੰਧੀ ਮੁੱਦੇ ਸ਼ਾਮਲ ਸਨ। ਇਸ ਦੇ ਨਾਲ ਹੀ, ਨਕਦ ਕਰਜ਼ਾ ਸੀਮਾ ਅਧੀਨ ਸੂਬਿਆਂ ‘ਤੇ ਲਗਾਈਆਂ ਗਈਆਂ ਉੱਚ ਵਿਆਜ ਦਰਾਂ ਨੂੰ ਘਟਾਉਣ ਅਤੇ ਆੜ੍ਹਤੀਆਂ ਦੀਆਂ ਕੇਂਦਰ ਨਾਲ ਸਬੰਧਤ ਮੰਗਾਂ ‘ਤੇ ਪਹਿਲ ਦੇ ਆਧਾਰ ‘ਤੇ ਵਿਚਾਰ ਕਰਨ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ, ਮੰਡੀ ਮਜ਼ਦੂਰਾਂ ਦੇ ਈਪੀਐਫ ਨਾਲ ਸਬੰਧਤ ਮੁੱਦਿਆਂ ਨੂੰ ਤੁਰੰਤ ਹੱਲ ਕਰਨ ਦੀ ਅਪੀਲ ਕੀਤੀ ਗਈ ਅਤੇ ਬੇਮੌਸਮੀ ਬਾਰਿਸ਼ ਕਾਰਨ ਹੋਏ ਨੁਕਸਾਨ ਲਈ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦੇਣ ਦੀ ਮੰਗ ਵੀ ਕੀਤੀ ਗਈ।”

ਉਨ੍ਹਾਂ ਅੱਗੇ ਲਿਖਿਆ, “ਮੈਨੂੰ ਬੇਹੱਦ ਖੁਸ਼ੀ ਹੋ ਰਹੀ ਹੈ ਕਿ ਕੇਂਦਰੀ ਮੰਤਰੀ ਜੀ ਨੇ ਇਨ੍ਹਾਂ ਸਾਰੇ ਮੁੱਦਿਆਂ ‘ਤੇ ਬੇਹੱਦ ਸਕਾਰਾਤਮਕ ਹੁੰਗਾਰਾ ਭਰਿਆ ਹੈ। ਅਸੀਂ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।”

ਫਸਲਾਂ ਦੇ ਭੰਡਾਰਨ ਸਬੰਧੀ ਭਾਰੀ ਘਾਟ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬੇ ਦੇ ਕਵਰਡ ਗੋਦਾਮਾਂ ਵਿੱਚ 180.88 ਲੱਖ ਮੀਟਰਕ ਟਨ ਅਨਾਜ (151.20 ਲੱਖ ਮੀਟਰਕ ਟਨ ਚੌਲ ਅਤੇ 29.67 ਲੱਖ ਮੀਟਰਕ ਟਨ ਕਣਕ) ਪਹਿਲਾਂ ਹੀ ਸਟੋਰ ਕੀਤੀ ਗਈ ਹੈ ਜਦੋਂ ਕਿ ਕੁੱਲ ਉਪਲਬਧ ਕਵਰਡ ਭੰਡਾਰਨ ਸਮਰੱਥਾ ਲਗਭਗ 183 ਲੱਖ ਮੀਟਰਕ ਟਨ (173 ਲੱਖ ਮੀਟਰਕ ਟਨ ਕਵਰਡ ਗੋਦਾਮ + 10 ਲੱਖ ਮੀਟਰਕ ਟਨ ਕਣਕ ਸਾਈਲੋਜ਼) ਹੈ। ਨਤੀਜੇ ਵਜੋਂ, ਚੌਲਾਂ ਲਈ ਸਿਰਫ਼ 0.50 ਲੱਖ ਮੀਟਰਕ ਟਨ ਕਵਰਡ ਸਪੇਸ ਅਤੇ ਕਣਕ ਲਈ 1.75 ਲੱਖ ਮੀਟਰਕ ਟਨ ਸਾਈਲੋ ਸਪੇਸ ਉਪਲਬਧ ਹੈ।”

ਉਨ੍ਹਾਂ ਕਿਹਾ, “ਸੂਬੇ ਵਿੱਚ 1 ਅਪ੍ਰੈਲ, 2026 ਤੋਂ ਹਾੜੀ ਮੰਡੀਕਰਨ ਸੀਜ਼ਨ (ਆਰਐਮਐਸ) 2026-27 ਸ਼ੁਰੂ ਹੋ ਗਿਆ ਹੈ, ਜਿਸ ਦੌਰਾਨ ਸੰਭਾਵੀ ਤੌਰ ‘ਤੇ 130-132 ਲੱਖ ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾਵੇਗੀ।”

ਮੌਜੂਦਾ ਸਟਾਕ ਦੇ ਬੋਝ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਦੇ 38 ਲੱਖ ਮੀਟਰਕ ਟਨ ਕਣਕ ਦੇ ਸਟਾਕ ਵਿੱਚੋਂ ਲਗਭਗ 8.71 ਲੱਖ ਮੀਟਰਕ ਟਨ ਸਟਾਕ ਪਹਿਲਾਂ ਹੀ ਰਾਜ ਵਿੱਚ ਸੀਏਪੀ ਜਾਂ ਖੁੱਲ੍ਹੀ ਸਟੋਰੇਜ ‘ਚ ਪਿਆ ਹੈ, ਜਿਸ ਕਾਰਨ ਵਿਗਿਆਨਕ ਢੰਗ ਨਾਲ ਭੰਡਾਰਨ ਸਮਰੱਥਾ ਦੀ ਘਾਟ ਹੋ ਗਈ ਹੈ ਅਤੇ ਲਗਭਗ 40 ਲੱਖ ਮੀਟਰਕ ਟਨ ਕਣਕ ਨੂੰ ਘੱਟ ਅਨੁਕੂਲ ਹਾਲਤਾਂ ਵਿੱਚ ਸਟੋਰ ਕਰਨਾ ਪਵੇਗਾ।

ਅਨਾਜ ਦੀ ਹੌਲੀ ਚੁਕਾਈ ਦਾ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਲਗਾਤਾਰ ਕਣਕ ਅਤੇ ਚੌਲਾਂ ਦੀ ਸੂਬੇ ‘ਚੋਂ ਚੁਕਾਈ ਦੀਆਂ ਬੇਨਤੀਆਂ ਕਰਦੀ ਆ ਰਹੀ ਹੈ ਤਾਂ ਜੋ ਚੌਲਾਂ ਦੀ ਖਰੀਦ ਅਤੇ ਸਟੋਰੇਜ ਲਈ ਲੋੜੀਂਦੀ ਭੰਡਾਰਨ ਸਮਰੱਥਾ ਬਣਾਈ ਜਾ ਸਕੇ। ਹਾਲਾਂਕਿ ਪਿਛਲੇ ਕਈ ਮਹੀਨਿਆਂ ਤੋਂ ਰਾਜ ‘ਚੋਂ ਕਣਕ ਅਤੇ ਚੌਲਾਂ ਦੀ ਔਸਤਨ ਚੁਕਾਈ ਪ੍ਰਤੀ ਮਹੀਨਾ ਸਿਰਫ 5 ਲੱਖ ਮੀਟ੍ਰਿਕ ਟਨ ਰਹੀ ਹੈ।

ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਹਰ ਮਹੀਨੇ ਘੱਟੋ-ਘੱਟ 12 ਲੱਖ ਮੀਟ੍ਰਿਕ ਟਨ ਕਣਕ ਅਤੇ ਚੌਲਾਂ ਦੀ ਚੁਕਾਈ ਕੀਤੀ ਜਾਵੇ ਜਾਂ ਬਦਲ ਦੇ ਤੌਰ ‘ਤੇ ਖਾਸ ਕਰਕੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਸੰਘਰਸ਼ ਦੌਰਾਨ ਆਮ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ (ਪੀਐਮਜੀਕੇਏਵਾਈ) ਅਧੀਨ ਅਨਾਜ ਦੀ ਵੰਡ ਵਧਾਉਣ ਵਰਗੇ ਪ੍ਰਬੰਧ ਕੀਤੇ ਜਾਣ ਜਿਵੇਂ ਕਿ ਕੋਵਿਡ-19 ਮਹਾਂਮਾਰੀ ਦੌਰਾਨ ਕੀਤਾ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਇਹ ਹਾੜ੍ਹੀ ਮੰਡੀਕਰਨ ਸੀਜ਼ਨ 2026-27 ਦੌਰਾਨ ਸੁਚਾਰੂ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਵਿੱਚ ਮਦਦ ਕਰੇਗਾ ਅਤੇ ਸਾਉਣੀ ਮੰਡੀਕਰਨ ਸੀਜ਼ਨ 2025-26 ਲਈ ਝੋਨੇ ਦੀ ਮਿਲਿੰਗ ਨੂੰ ਤੇਜ਼ ਕਰੇਗਾ।

ਇੱਕ ਹੋਰ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖਰੀਦ ਲਈ ਫੰਡਾਂ ਦਾ ਪ੍ਰਬੰਧ ਭਾਰਤੀ ਰਿਜ਼ਰਵ ਬੈਂਕ ਦੁਆਰਾ ਅਧਿਕਾਰਤ ਸਟੇਟ ਬੈਂਕ ਆਫ਼ ਇੰਡੀਆ ਦੀ ਅਗਵਾਈ ਵਾਲੇ ਬੈਂਕਾਂ ਦੇ ਇੱਕ ਸਮੂਹ ਦੁਆਰਾ ਕੀਤਾ ਜਾਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਰਤੀ ਸਟੇਟ ਬੈਂਕ ਜੋ ਵਿਆਜ ਦਰ ਵਸੂਲ ਰਿਹਾ ਹੈ, ਉਹ ਭਾਰਤੀ ਖੁਰਾਕ ਨਿਗਮ ‘ਤੇ ਲਾਗੂ ਰਿਕਵਰੀ ਦਰ ਨਾਲੋਂ 0.5 ਫੀਸਦ ਵੱਧ ਹੈ ਅਤੇ ਮਹੀਨਾਵਾਰ ਮਿਸ਼ਰਿਤ ਆਧਾਰ ‘ਤੇ ਵਿਆਜ ਲਗਾ ਰਿਹਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਹਾਲਾਂਕਿ ਭਾਰਤ ਸਰਕਾਰ ਵੱਲੋਂ ਹਰੇਕ ਸੀਜ਼ਨ ਲਈ ਜਾਰੀ ਕੀਤੀਆਂ ਗਈਆਂ ਆਰਜ਼ੀ ਲਾਗਤ ਸ਼ੀਟਾਂ ਵਿੱਚ ਸੂਬੇ ਨੂੰ ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐਫਸੀਆਈ) ਦੀ ਵਿਆਜ ਦਰ ‘ਤੇ ਸਿਰਫ਼ ਸਧਾਰਨ ਵਿਆਜ ਦੀ ਇਜਾਜ਼ਤ ਹੈ। ਨਤੀਜੇ ਵਜੋਂ ਪੰਜਾਬ ਰਾਜ ਨੂੰ ਹਰ ਸੀਜ਼ਨ ਵਿੱਚ ਲਗਭਗ 500 ਕਰੋੜ ਦਾ ਨੁਕਸਾਨ ਹੋ ਰਿਹਾ ਹੈ, ਜਿਸ ਤੋਂ ਬਚਿਆ ਜਾ ਸਕਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਅਸੀਂ ਇਹ ਮੁੱਦਾ ਕੇਂਦਰੀ ਵਿੱਤ ਮੰਤਰੀ ਕੋਲ ਵੀ ਉਠਾਇਆ ਹੈ। ਤੀਜਾ ਮੁੱਦਾ ਪੇਂਡੂ ਵਿਕਾਸ ਫੰਡ ਨਾਲ ਸਬੰਧਤ ਹੈ। ਅਸੀਂ ਵਾਰ-ਵਾਰ ਕਿਹਾ ਹੈ ਕਿ ਸਾਡੀਆਂ ਮੰਡੀਆਂ ਨੂੰ ਜਾਣ ਵਾਲੀਆਂ ਸੜਕਾਂ ਦੀ ਉਸਾਰੀ ਦੀ ਲੋੜ ਹੈ ਅਤੇ ਅਸੀਂ ਵਿਧਾਨ ਸਭਾ ਵਿੱਚ ਇੱਕ ਬਿੱਲ ਵੀ ਪਾਸ ਕੀਤਾ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਇਹ ਪੈਸਾ ਸਿਰਫ਼ ਮੰਡੀਆਂ ਦੀ ਮੁਰੰਮਤ, ਮੰਡੀਆਂ ਦੇ ਆਧੁਨਿਕੀਕਰਨ ਅਤੇ ਮੰਡੀਆਂ ਦੀਆਂ ਸੜਕਾਂ ਨੂੰ ਬਿਹਤਰ ਬਣਾਉਣ ਲਈ ਵਰਤਿਆ ਜਾਵੇਗਾ। ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪਿਛਲੀ ਸਰਕਾਰ ਨੇ ਇਨ੍ਹਾਂ ਫੰਡਾਂ ਦੀ ਦੁਰਵਰਤੋਂ ਕੀਤੀ, ਜਿਸ ਕਾਰਨ ਇਹ ਪੈਸਾ ਰੋਕਿਆ ਗਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਅਸੀਂ ਇਸ ਮੁੱਦੇ ‘ਤੇ ਪਹਿਲਾਂ ਹੀ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ ਅਤੇ ਮਾਮਲਾ ਇਸ ਵੇਲੇ ਵਿਚਾਰ ਅਧੀਨ ਹੈ। ਮੁਕੱਦਮੇਬਾਜ਼ੀ ਨੂੰ ਲੰਮਾ ਖਿੱਚਣ ਦੀ ਬਜਾਏ ਕੇਂਦਰ ਸਰਕਾਰ ਨੂੰ ਪੰਜਾਬ ਦੇ ਜਾਇਜ਼ ਬਕਾਏ ਜਾਰੀ ਕਰ ਦੇਣੇ ਚਾਹੀਦੇ ਹਨ। ਇਹ ਪੰਜਾਬ ਦਾ ਹਿੱਸਾ ਹੈ ਅਤੇ ਪੰਜਾਬ ਦਾ ਹੱਕ ਹੈ ਅਤੇ ਅਸੀਂ ਸਿਰਫ਼ ਉਹੀ ਮੰਗ ਰਹੇ ਹਾਂ ਜੋ ਸਾਡਾ ਜਾਇਜ਼ ਹੱਕ ਹੈ।

ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕੇਂਦਰ ਦੇ ਬਜਟ ਵਿੱਚ ਕੋਈ ਰੁਕਾਵਟ ਹੈ ਤਾਂ ਫੰਡ ਕਿਸ਼ਤਾਂ ਵਿੱਚ ਜਾਂ ਕਿਸੇ ਵੀ ਤਰੀਕੇ ਨਾਲ ਜੋ ਢੁਕਵਾਂ ਸਮਝਿਆ ਜਾਵੇ, ਜਾਰੀ ਕੀਤੇ ਜਾ ਸਕਦੇ ਹਨ। ਪਰ ਇਹ ਰਕਮ ਹੁਣ 9000 ਕਰੋੜ ਤੱਕ ਪਹੁੰਚ ਗਈ ਹੈ, ਜਿਸਨੂੰ ਅਜੇ ਵੀ ਜਾਰੀ ਨਹੀਂ ਕੀਤਾ ਜਾ ਰਿਹਾ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਸੀਂ ਇਸ ਮੁੱਦੇ ਨੂੰ ਵੀ ਜ਼ੋਰਦਾਰ ਢੰਗ ਨਾਲ ਉਠਾਇਆ ਹੈ ਅਤੇ ਸਾਨੂੰ ਭਰੋਸਾ ਦਿੱਤਾ ਗਿਆ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਸਬੰਧੀ ਕੋਈ ਵਿਧੀ ਬਣਾਉਣ ਲਈ ਸਕੱਤਰ ਪੱਧਰ ‘ਤੇ ਮੀਟਿੰਗ ਬੁਲਾਈ ਜਾਵੇਗੀ ਜਿਸ ਰਾਹੀਂ ਇਹ ਫੰਡ ਜਾਰੀ ਹੋਣੇ ਸ਼ੁਰੂ ਹੋ ਜਾਣਗੇ।

ਉਨ੍ਹਾਂ ਅਪੀਲ ਕੀਤੀ, “ਪੰਜਾਬ ਨੂੰ ਭਾਰਤੀ ਖੁਰਾਕ ਨਿਗਮ ਦੀ ਵਿਆਜ ਦਰ ਦੀ ਬਜਾਏ, ਭਾਰਤੀ ਸਟੇਟ ਬੈਂਕ ਦੁਆਰਾ ਨਕਦ ਕਰਜ਼ਾ ਹੱਦ (ਸੀਸੀਐਲ) ‘ਤੇ ਲਗਾਏ ਜਾਣ ਵਾਲੇ ਵਿਆਜ ਦਰ ਅਨੁਸਾਰ ਮਹੀਨਾਵਾਰ ਮਿਸ਼ਰਿਤ ਆਧਾਰ ‘ਤੇ ਵਿਆਜ ਲੈਣ ਦੀ ਇਜਾਜ਼ਤ ਦਿੱਤੀ ਜਾਵੇ।”

ਆੜ੍ਹਤੀਆਂ ਦੇ ਮੁੱਦੇ ‘ਤੇ ਬੋਲਦਿਆਂ ਉਨ੍ਹਾਂ ਕਿਹਾ, “ਮੁੱਖ ਮੁੱਦਾ ਇਹ ਹੈ ਕਿ ਆੜ੍ਹਤੀਏ 2.5 ਫ਼ੀਸਦ ਕਮਿਸ਼ਨ ਦੀ ਮੰਗ ਕਰ ਰਹੇ ਹਨ, ਜਦੋਂ ਕਿ ਭਾਰਤ ਸਰਕਾਰ ਨੇ ਆਪਣਾ ਕਮਿਸ਼ਨ ਮੌਜੂਦਾ ਦਰਾਂ ‘ਤੇ ਨਿਰਧਾਰਤ ਕੀਤਾ ਹੈ।”

ਆੜ੍ਹਤੀਆਂ ਕਮਿਸ਼ਨ ਦੇ ਮੁੱਦੇ ‘ਤੇ ਵਿਚਾਰ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਰਤ ਸਰਕਾਰ ਦੇ ਖੁਰਾਕ ਅਤੇ ਜਨਤਕ ਵੰਡ ਵਿਭਾਗ (ਡੀਐਫਪੀਡੀ) ਨੇ ਆੜ੍ਹਤੀਆਂ (ਕਮਿਸ਼ਨ ਏਜੰਟ) ਕਮਿਸ਼ਨ ਨੂੰ ਖਰੀਫ ਮਾਰਕੀਟਿੰਗ ਸੀਜ਼ਨ (ਕੇਐਮਐਸ) 2020-21 ਵਾਸਤੇ ਝੋਨੇ ਲਈ 45.88 ਰੁਪਏ ਪ੍ਰਤੀ ਕੁਇੰਟਲ ਅਤੇ ਹਾੜੀ ਮਾਰਕੀਟਿੰਗ ਸੀਜ਼ਨ (ਆਰਐਮਐਸ) 2021-22 ਵਾਸਤੇ ਕਣਕ ਲਈ 46.00 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਸੀ।”

ਉਨ੍ਹਾਂ ਅੱਗੇ ਕਿਹਾ, “ਉਦੋਂ ਤੋਂ ਹਰ ਸਾਲ ਝੋਨੇ ਅਤੇ ਕਣਕ ਦੋਵਾਂ ਲਈ ਇੱਕੋ ਜਿਹਾ ਨਿਸ਼ਚਿਤ ਕਮਿਸ਼ਨ ਜਾਰੀ ਰੱਖਿਆ ਗਿਆ ਹੈ, ਜਿਸ ਕਾਰਨ ਆੜ੍ਹਤੀਏ ਅਸੰਤੁਸ਼ਟ ਹਨ ਅਤੇ ਰਾਜ ਸਰਕਾਰ ਆੜ੍ਹਤੀਆਂ ਕਮਿਸ਼ਨ ਵਧਾਉਣ ਲਈ ਕੇਂਦਰ ਸਰਕਾਰ ਨੂੰ ਲਗਾਤਾਰ ਲਿਖ ਰਹੀ ਹੈ।”

ਮੁੱਖ ਮੰਤਰੀ ਨੇ ਅੱਗੇ ਕਿਹਾ, “ਭਾਰਤ ਸਰਕਾਰ ਦੇ ਖੁਰਾਕ ਮੰਤਰਾਲੇ ਨੇ ਕਣਕ ਲਈ 4.75 ਰੁਪਏ ਪ੍ਰਤੀ ਕੁਇੰਟਲ (46 ਰੁਪਏ ਤੋਂ 50.75 ਰੁਪਏ) ਅਤੇ ਝੋਨੇ ਲਈ 4.73 ਰੁਪਏ ਪ੍ਰਤੀ ਕੁਇੰਟਲ (45.88 ਰੁਪਏ ਤੋਂ 50.61 ਰੁਪਏ) ਦੇ ਕਮਿਸ਼ਨ ਵਿੱਚ ਮਾਮੂਲੀ ਵਾਧਾ ਕੀਤਾ ਹੈ, ਜੋ ਕਿ ਆਰਐਮਐਸ 2026-27 ਤੋਂ ਲਾਗੂ ਹੋਵੇਗਾ।” ਉਨ੍ਹਾਂ ਅੱਗੇ ਕਿਹਾ, “ਆੜ੍ਹਤੀਆਂ ਦੁਆਰਾ ਇਸ ਮਾਮੂਲੀ ਵਾਧੇ ਨੂੰ ਸਵੀਕਾਰ ਨਹੀਂ ਕੀਤਾ ਗਿਆ ਹੈ ਅਤੇ ਮੰਗ ਕੀਤੀ ਹੈ ਕਿ ਪੰਜਾਬ ਖੇਤੀਬਾੜੀ ਉਤਪਾਦ ਬਾਜ਼ਾਰ ਐਕਟ, 1961 ਅਤੇ ਇਸ ਅਧੀਨ ਬਣਾਏ ਗਏ ਨਿਯਮਾਂ ਅਨੁਸਾਰ, ਆੜ੍ਹਤੀਆਂ ਕਮਿਸ਼ਨ ਨੂੰ ਐਮਐਸਪੀ ਦੇ 2.5 ਫ਼ੀਸਦ ‘ਤੇ ਨਿਰਧਾਰਤ ਕੀਤਾ ਜਾਵੇ।”

ਉਨ੍ਹਾਂ ਅਪੀਲ ਕੀਤੀ, “ਭਾਰਤ ਸਰਕਾਰ ਨੂੰ ਡੀਐਫਪੀਡੀ ਰਾਹੀਂ ਆੜ੍ਹਤੀਆ ਕਮਿਸ਼ਨ ਵਿੱਚ ਇਸ ਮਾਮੂਲੀ ਵਾਧੇ ਦੀ ਸਮੀਖਿਆ ਕਰਨੀ ਚਾਹੀਦੀ ਹੈ ਅਤੇ ਪੰਜਾਬ ਖੇਤੀਬਾੜੀ ਉਪਜ ਬਾਜ਼ਾਰ ਐਕਟ, 1961 ਦੇ ਅਨੁਸਾਰ ਐਮਐਸਪੀ ਦੇ 2.5 ਫ਼ੀਸਦ ਦੀ ਦਰ ਨਾਲ ਕਮਿਸ਼ਨ ਨੂੰ ਮਨਜ਼ੂਰੀ ਦਿੱਤੀ ਜਾਣੀ ਚਾਹੀਦੀ ਹੈ।”

ਇੱਕ ਹੋਰ ਚਿੰਤਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੇ ਕਈ ਸਾਲਾਂ ਤੋਂ, ਭਾਰਤੀ ਖੁਰਾਕ ਨਿਗਮ ਈਪੀਐਫ ਨਾਲ ਸਬੰਧਤ ਮੁੱਦਿਆਂ ਕਾਰਨ ਹਰ ਸੀਜ਼ਨ ਵਿੱਚ ਖਰੀਦੀਆਂ ਜਾਂਦੀਆਂ ਫਸਲਾਂ ਲਈ ਭੁਗਤਾਨ ਕੀਤੇ ਜਾਣ ਵਾਲੇ ਮੰਡੀ ਲੇਬਰ ਚਾਰਜ ਦਾ 30 ਫ਼ੀਸਦ ਆਪਣੇ ਕੋਲ ਰੱਖ ਰਿਹਾ ਹੈ।” ਉਨ੍ਹਾਂ ਅੱਗੇ ਕਿਹਾ, “ਇਸ ਦੇ ਨਤੀਜੇ ਵਜੋਂ, ਆੜ੍ਹਤੀਆਂ ਨਾਲ ਸਬੰਧਤ ਲਗਭਗ 50 ਕਰੋੜ ਰੁਪਏ ਦੀ ਰਾਸ਼ੀ ਐਫਸੀਆਈ ਕੋਲ ਪਈ ਹੈ, ਜਿਸ ਨਾਲ ਉਨ੍ਹਾਂ ਦਾ ਵਿੱਤੀ ਬੋਝ ਹੋਰ ਵਧ ਗਿਆ ਹੈ।”

ਮੁੱਖ ਮੰਤਰੀ ਨੇ ਕਿਹਾ, “ਰਾਜ ਦੀਆਂ ਏਜੰਸੀਆਂ ਆੜ੍ਹਤੀਆਂ ਤੋਂ ਅੰਡਰਟੇਕਿੰਗ ਜਾਂ ਹਲਫੀਆ ਬਿਆਨ ਪ੍ਰਾਪਤ ਕਰਨ ਤੋਂ ਬਾਅਦ ਉਨ੍ਹਾਂ ਨੂੰ ਭੁਗਤਾਨ ਕਰ ਰਹੀਆਂ ਹਨ, ਜਿਸ ਵਿੱਚ ਕਿਹਾ ਗਿਆ ਹੈ ਕਿ ਜੇਕਰ ਈਪੀਐਫ ਅਧਿਕਾਰੀਆਂ ਦੁਆਰਾ ਕੋਈ ਦੇਣਦਾਰੀ ਨਿਰਧਾਰਤ ਕੀਤੀ ਜਾਂਦੀ ਹੈ, ਤਾਂ ਆੜ੍ਹਤੀਏ ਇਸਨੂੰ ਪੂਰਾ ਕਰਨਗੇ।” ਉਨ੍ਹਾਂ ਜ਼ੋਰ ਦੇ ਕੇ ਕਿਹਾ, “ਇਸ ਲਈ ਈਪੀਐਫ ਦੇ ਹਿਸਾਬ ਨਾਲ ਲੇਬਰ ਚਾਰਜ ਦਾ 30 ਫ਼ੀਸਦ ਆਪਣੇ ਕੋਲ ਰੱਖਣਾ ਕਿਸੇ ਵੀ ਢੰਗ ਨਾਲ ਸਹੀ ਨਹੀਂ ਹੈ।” ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਐਫਸੀਆਈ ਨੂੰ ਰਾਜ ਏਜੰਸੀਆਂ ਵਾਂਗ ਹਲਫੀਆ ਬਿਆਨ ਲੈ ਕੇ ਭੁਗਤਾਨ ਜਾਰੀ ਕਰਨ ਲਈ ਨਿਰਦੇਸ਼ ਦੇਣ।

ਰਾਸ਼ਟਰੀ ਖੁਰਾਕ ਖਰੀਦ ਪ੍ਰਣਾਲੀ ਵਿੱਚ ਪੰਜਾਬ ਦੀ ਮੁੱਖ ਭੂਮਿਕਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ, ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਸੂਬੇ ‘ਤੇ ਹੋਰ ਵਿੱਤੀ ਦਬਾਅ ਨੂੰ ਵਧਣ ਤੋਂ ਰੋਕਣ ਲਈ ਕੇਂਦਰ ਵੱਲੋਂ ਇਨ੍ਹਾਂ ਮੁੱਦਿਆਂ ‘ਤੇ ਸਮੇਂ ਸਿਰ ਦਖ਼ਲ ਦੇਣ ਦੀ ਲੋੜ ਹੈ।

More from Latest NewsMore posts in Latest News »
More from NationalMore posts in National »
More from NewsMore posts in News »
More from PunjabiMore posts in Punjabi »

Be First to Comment

Leave a Reply

Your email address will not be published. Required fields are marked *