Press "Enter" to skip to content

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

ਚੰਡੀਗੜ੍ਹ, 11 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026 ਵਿੱਚ ਸਖ਼ਤ ਸੋਧਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਸੋਧਾਂ ਵਿੱਚ ਸ੍ਰੀ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਅਤੇ ਪਵਿੱਤਰਤਾ ਕਾਇਮ ਰੱਖਣ ਅਤੇ ਬੇਅਦਬੀ ਲਈ ਜ਼ਿੰਮੇਵਾਰ ਲੋਕਾਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਉਮਰ ਕੈਦ ਤੱਕ ਦੀ ਵਿਵਸਥਾ ਕੀਤੀ ਗਈ ਹੈ। ਇਹ ਸੋਧ ਬਿੱਲ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਪੇਸ਼ ਕੀਤਾ ਜਾਵੇਗਾ।

ਅੱਜ ਇੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ।

ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਨੇ ਖੁਲਾਸਾ ਕੀਤਾ, “ਬੀਤੇ ਸਮੇਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ ਜਿਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚੀ ਹੈ ਅਤੇ ਸਮਾਜ ਵਿੱਚ ਬੇਚੈਨੀ ਦਾ ਮਾਹੌਲ ਪੈਦਾ ਹੋਇਆ।” ਭਾਵੇਂ ਕਿ ਭਾਰਤੀ ਨਿਆਂਏ ਸੰਹਿਤਾ ਦੀਆਂ ਧਾਰਾਵਾਂ 298, 299 ਅਤੇ 300 ਅਜਿਹੇ ਮਸਲਿਆਂ ਨਾਲ ਨਿਪਟਦੀਆਂ ਹਨ ਪਰ ਇਹ ਧਾਰਾਵਾਂ ਅਜਿਹੇ ਗੁਨਾਹ ਕਰਨ ਵਾਲਿਆਂ ਨਾਲ ਕਰੜੇ ਹੱਥੀਂ ਨਿਪਟਣ ਲਈ ਸਖ਼ਤ ਸਜ਼ਾਵਾਂ ਦੀ ਢੁਕਵੀਂ ਵਿਵਸਥਾ ਨਹੀਂ ਦਰਸਾਉਂਦੀਆਂ।

ਬੜੇ ਗਹੁ ਨਾਲ ਕੀਤੇ ਗਏ ਵਿਚਾਰ-ਵਟਾਂਦਰੇ ਅਤੇ ਸਲਾਹ ਮਸ਼ਵਰੇ ਤੋਂ ਬਾਅਦ ਭਗਵੰਤ ਸਿੰਘ ਮਾਨ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਕਰਨ ਅਤੇ ਸਮਾਜ ਵਿੱਚ ਆਪਸੀ ਸਤਿਕਾਰ, ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਕਦਮ ਚੁੱਕਣ ਦਾ ਫੈਸਲਾ ਲਿਆ ਹੈ।

ਇਨ੍ਹਾਂ ਅਪਰਾਧਾਂ ਦੀ ਗੰਭੀਰਤਾ ਦੇ ਸੰਦਰਭ ਵਿੱਚ ਅਤੇ ਫਿਰਕੂ ਸਦਭਾਵਨਾ ਤੇ ਧਾਰਮਿਕ ਪਵਿੱਤਰਤਾ ਦੀ ਰਾਖੀ ਲਈ ਮੰਤਰੀ ਮੰਡਲ ਨੇ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008 ਵਿੱਚ ਸੋਧ ਕਰਨ ਦਾ ਫੈਸਲਾ ਕੀਤਾ। ਇਸ ਨਾਲ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਈ ਦੋਸ਼ੀ ਪਾਏ ਜਾਣ ਵਾਲਿਆਂ ਲਈ ਉਮਰ ਕੈਦ ਸਮੇਤ ਸਜ਼ਾਵਾਂ ਵਧਾਉਣ ਦੀ ਵਿਵਸਥਾ ਕੀਤੀ ਗਈ ਹੈ। ਇਹ ਪ੍ਰਸਤਾਵਿਤ ਕਾਨੂੰਨ ਬਦਨੀਅਤ ਲੋਕਾਂ ਵਿਰੁੱਧ ਸਖ਼ਤੀ ਨਾਲ ਨਿਪਟੇਗਾ ਅਤੇ ਪੰਜਾਬ ਵਿੱਚ ਅਮਨ-ਸ਼ਾਂਤੀ ਅਤੇ ਸਦਭਾਵਨਾ ਬਰਕਰਾਰ ਰੱਖਣ ਵਿੱਚ ਵੱਡਾ ਯੋਗਦਾਨ ਪਾਵੇਗਾ।

More from Latest NewsMore posts in Latest News »
More from NewsMore posts in News »
More from PunjabMore posts in Punjab »
More from PunjabiMore posts in Punjabi »

Be First to Comment

Leave a Reply

Your email address will not be published. Required fields are marked *