Press "Enter" to skip to content

ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਪੰਜਾਬ ਪੁਲਿਸ ਨੇ ਮੱਧ ਏਸ਼ੀਆਈ ਦੇਸ਼ ਤੋਂ ਭਗੌੜੇ ਭੁਵਨੇਸ਼ ਚੋਪੜਾ ਨੂੰ ਲਿਆਂਦਾ ਵਾਪਸ

ਚੰਡੀਗੜ੍ਹ, 12 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਸਰਗਰਮ ਸਹਿਯੋਗ ਨਾਲ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਭਗੌੜੇ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਮੱਧ ਏਸ਼ੀਆਈ ਦੇਸ਼ ਤੋਂ ਡਿਪੋਰਟ ਕਰਨ ਤੋਂ ਬਾਅਦ ਸਫਲਤਾਪੂਰਵਕ ਗ੍ਰਿਫਤਾਰ ਕਰ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਗਠਿਤ, ਅੰਦਰੂਨੀ ਸੁਰੱਖਿਆ ਵਿੰਗ ਅਧੀਨ ਕੰਮ ਕਰਨ ਵਾਲੇ ਨਵੇਂ ਸਥਾਪਿਤ ਓਵਰਸੀਜ਼ ਫਿਊਜਿਟਿਵ ਟ੍ਰੈਕਿੰਗ ਐਂਡ ਐਕਸਟਰਾਡੀਸ਼ਨ ਸੈੱਲ (ਓਐਫਟੀਈਸੀ) ਵੱਲੋਂ ਇਸ ਕਾਰਵਾਈ ਵਿੱਚ ਅਹਿਮ ਭੂਮਿਕਾ ਨਿਭਾਈ ਗਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਦੋਸ਼ੀ ਭੁਵਨੇਸ਼ ਚੋਪੜਾ ਦੀਆਂ ਅੰਤਰਰਾਸ਼ਟਰੀ ਗਤੀਵਿਧੀਆਂ ਨੂੰ ਟਰੈਕ ਕਰਨ ਅਤੇ ਸੀਮਤ ਕਰਨ ਲਈ, ਰੈੱਡ ਨੋਟਿਸ (ਰੈੱਡ ਕਾਰਨਰ ਨੋਟਿਸ) ਅਤੇ ਲੁੱਕ-ਆਊਟ ਸਰਕੂਲਰ (ਐਲਓਸੀ) ਜਾਰੀ ਕੀਤਾ ਗਿਆ ਸੀ।

ਉਨ੍ਹਾਂ ਕਿਹਾ, “ਨਿਰੰਤਰ ਅੰਤਰਰਾਸ਼ਟਰੀ ਤਾਲਮੇਲ ਸਦਕਾ ਇੱਕ ਮੱਧ ਏਸ਼ੀਆਈ ਦੇਸ਼ ਵਿੱਚ ਉਸਦੇ ਟਿਕਾਣੇ ਨੂੰ ਟਰੇਸ ਕੀਤਾ ਗਿਆ, ਜਿਸ ਤੋਂ ਬਾਅਦ ਉਸਨੂੰ (ਭੁਵਨੇਸ਼) ਨੂੰ ਦੇਸ਼ ਨਿਕਾਲਾ ਦੇ ਦਿੱਤਾ ਗਿਆ ਅਤੇ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚਣ ‘ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।”

ਜਾਣਕਾਰੀ ਅਨੁਸਾਰ ਫਿਰੋਜ਼ਪੁਰ ਦਾ ਰਹਿਣ ਵਾਲਾ ਦੋਸ਼ੀ ਭੁਵਨੇਸ਼ ਚੋਪੜਾ ਫਿਰੋਜ਼ਪੁਰ ਦੇ ਸਨਸਨੀਖੇਜ਼ ਤੀਹਰੇ ਕਤਲ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਕਈ ਮਾਮਲਿਆਂ ਸਮੇਤ ਹਾਈ-ਪ੍ਰੋਫਾਈਲ ਅਪਰਾਧਾਂ ਦੇ ਸਬੰਧ ਵਿੱਚ ਲੋੜੀਂਦਾ ਸੀ। ਦੋਸ਼ੀ ਵਿਰੁੱਧ ਫਿਰੋਜ਼ਪੁਰ, ਫਾਜ਼ਿਲਕਾ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਨੌਂ ਮਾਮਲੇ ਦਰਜ ਹਨ।

ਡੀਜੀਪੀ ਨੇ ਕਿਹਾ ਕਿ ਦੋਸ਼ੀ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਪਾਕਿਸਤਾਨ ਤੋਂ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸਹਾਇਤਾ ਕਰ ਰਿਹਾ ਸੀ ਅਤੇ ਕਾਨੂੰਨ ਤੋਂ ਬਚਣ ਲਈ ਵਿਦੇਸ਼ ਭੱਜਣ ਵਿੱਚ ਕਾਮਯਾਬ ਹੋ ਗਿਆ ਸੀ।

ਉਨ੍ਹਾਂ ਕਿਹਾ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਤੋਂ ਇਲਾਵਾ, ਚੋਪੜਾ ਅਗਸਤ 2024 ਵਿੱਚ ਫਿਰੋਜ਼ਪੁਰ ਵਿੱਚ ਹੋਏ ਤੀਹਰੇ ਕਤਲ ਦਾ ਮੁੱਖ ਸਾਜ਼ਿਸ਼ਕਰਤਾ ਵੀ ਸੀ, ਜਿਸ ਵਿੱਚ ਚੋਪੜਾ ਅਤੇ ਦਿਲਦੀਪ ਸਿੰਘ ਦੀ ਆਪਸੀ ਰੰਜ਼ਿਸ ਦੇ ਚਲਦਿਆਂ ਦਿਲਦੀਪ ਸਿੰਘ ਸਮੇਤ ਇੱਕ ਨੌਜਵਾਨ ਲੜਕੀ ਅਤੇ ਇੱਕ ਹੋਰ ਵਿਅਕਤੀ ਦੀ ਜਾਨ ਚਲੀ ਗਈ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਚੋਪੜਾ ਦੀ ਗ੍ਰਿਫ਼ਤਾਰੀ ਨਾਲ ਫਿਰੋਜ਼ਪੁਰ ਅਤੇ ਗੁਆਂਢੀ ਸਰਹੱਦੀ ਜ਼ਿਲ੍ਹਿਆਂ ਵਿੱਚ ਆਉਣ ਵਾਲੇ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਦੇ ਲੌਜਿਸਟਿਕਸ ਨੈੱਟਵਰਕ ਕਾਫ਼ੀ ਹੱਦ ਤੱਕ ਕਮਜ਼ੋਰ ਹੋ ਜਾਵੇਗਾ, ਜਿਸ ਨਾਲ ਸਰਹੱਦ ਪਾਰੋਂ ਚੱਲ ਰਹੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਸਬੰਧੀ ਕਾਰਵਾਈਆਂ ਨੂੰ ਵੱਡਾ ਝਟਕਾ ਲੱਗੇਗਾ।

More from Latest NewsMore posts in Latest News »
More from NewsMore posts in News »
More from PunjabMore posts in Punjab »
More from PunjabiMore posts in Punjabi »

Be First to Comment

Leave a Reply

Your email address will not be published. Required fields are marked *