Press "Enter" to skip to content

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ

*ਜ਼ਮੀਨੀ ਪੱਧਰ ‘ਤੇ ਵਿਕਾਸ ਕਾਰਜਾਂ ਦੀ ਗੁਣਵੱਤਾ ਅਤੇ ਰਫ਼ਤਾਰ ਦੀ ਨਿਗਰਾਨੀ ਲਈ ਲਾਜ਼ਮੀ ਫੀਲਡ ਦੌਰਿਆਂ ਦੇ ਦਿੱਤੇ ਹੁਕਮ: ਹਰਪਾਲ ਸਿੰਘ ਚੀਮਾ*
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਨਾਲ ਉੱਚ-ਪੱਧਰੀ ਮੀਟਿੰਗ; ਵਿਕਾਸ ਕਾਰਜਾਂ ਦੀ ਰੀਅਲ-ਟਾਈਮ ਟਰੈਕਿੰਗ ਲਈ ਜ਼ਿਲ੍ਹਾ ਨੋਡਲ ਅਫ਼ਸਰ ਨਿਯੁਕਤ ਕਰਨ ਦੇ ਨਿਰਦੇਸ਼*

ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕਰਦਿਆਂ 15 ਮਈ, 2026 ਤੱਕ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਮਜ਼ਬੂਤ ਵਿੱਤੀ ਵਚਨਬੱਧਤਾ ‘ਤੇ ਜ਼ੋਰ ਦਿੰਦਿਆਂ, ਵਿੱਤ ਮੰਤਰੀ ਨੇ ਸਕੀਮ ਲਈ ਲੋੜੀਂਦੇ ਫੰਡਾਂ ਦੀ ਵੰਡ ਦੀ ਪੁਸ਼ਟੀ ਕੀਤੀ ਅਤੇ ਦੱਸਿਆ ਕਿ ਦੂਜੇ ਪੜਾਅ ਲਈ ਵੀ ਫੰਡ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਸਾਰੇ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਅਪੀਲ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਇਨ੍ਹਾਂ ਸਰੋਤਾਂ ਦੀ ਸੁਚੱਜੇ ਢੰਗ ਨਾਲ ਅਤੇ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਸਖ਼ਤੀ ਨਾਲ ਵਰਤੋਂ ਕੀਤੀ ਜਾਵੇ, ਕਿਉਂਕਿ ਫੰਡਾਂ ਦੀ ਬਿਲਕੁਲ ਕੋਈ ਕਮੀ ਨਹੀਂ ਹੈ।

ਕੰਮ ਦੇ ਉੱਚ ਮਿਆਰਾਂ ਨੂੰ ਯਕੀਨੀ ਬਣਾਉਣ ਲਈ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਸਬੰਧਤ ਵਿਭਾਗੀ ਅਧਿਕਾਰੀਆਂ ਵੱਲੋਂ ਨਿਯਮਤ ਫੀਲਡ ਦੌਰੇ ਲਾਜ਼ਮੀ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ, “ਇਸ ਕਦਮ ਦਾ ਉਦੇਸ਼ ਜ਼ਮੀਨੀ ਪੱਧਰ ‘ਤੇ ਚੱਲ ਰਹੀਆਂ ਵਿਕਾਸ ਪਹਿਲਕਦਮੀਆਂ ਦੀ ਗੁਣਵੱਤਾ ਅਤੇ ਰਫ਼ਤਾਰ ਦੋਵਾਂ ਦੀ ਬਾਰੀਕੀ ਨਾਲ ਨਿਗਰਾਨੀ ਕਰਨਾ ਹੈ।”

ਵੱਡੇ ਬੁਨਿਆਦੀ ਢਾਂਚੇ ਦੇ ਕਾਰਜਾਂ ਲਈ ਜੋ ਅਟੱਲ ਕਾਰਨਾਂ ਕਰਕੇ 15 ਮਈ ਦੇ ਟੀਚੇ ਤੋਂ ਅੱਗੇ ਜਾ ਸਕਦੇ ਹਨ, ਵਿੱਤ ਮੰਤਰੀ ਨੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਨੂੰ ਯਕੀਨੀ ਬਣਾਉਣ ਲਈ ਸੋਧੀਆਂ ਅਤੇ ਸਖ਼ਤ ਸਮਾਂ-ਸੀਮਾਵਾਂ ਤੁਰੰਤ ਪੇਸ਼ ਕਰਨ ਦੇ ਆਦੇਸ਼ ਦਿੱਤੇ।

ਇਸ ਮੌਕੇ ਪਾਰਦਰਸ਼ਤਾ ਅਤੇ ਡਿਜੀਟਲ ਜਵਾਬਦੇਹੀ ਦੀ ਲੋੜ ‘ਤੇ ਜ਼ੋਰ ਦਿੰਦਿਆਂ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਡਿਪਟੀ ਕਮਿਸ਼ਨਰਾਂ ਨੂੰ ਜ਼ਿਲ੍ਹਾ ਪੱਧਰ ‘ਤੇ ਸਮਰਪਿਤ ਨੋਡਲ ਅਫ਼ਸਰ ਨਿਯੁਕਤ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ, “ਇਹ ਅਧਿਕਾਰੀ ਸਾਰੇ ਵਿਕਾਸ ਕਾਰਜਾਂ ਦੀਆਂ ਰੀਅਲ-ਟਾਈਮ ਸਥਿਤੀ ਰਿਪੋਰਟਾਂ ਨੂੰ ਸਿੱਧਾ ਰੰਗਲਾ ਪੰਜਾਬ ਪੋਰਟਲ ‘ਤੇ ਅਪਲੋਡ ਕਰਨ ਦੀ ਜ਼ਿੰਮੇਵਾਰੀ ਨਿਭਾਉਣਗੇ।

ਜਿਹੜੇ ਵੀ ਸਬੰਧਤ ਕਰਮਚਾਰੀਆਂ ਨੇ ਅਜੇ ਤੱਕ ਪੋਰਟਲ ਦੀ ਸਿਖਲਾਈ ਪ੍ਰਾਪਤ ਨਹੀਂ ਕੀਤੀ ਹੈ, ਉਨ੍ਹਾਂ ਨੂੰ ਭਲਕੇ ਨੈਸ਼ਨਲ ਇਨਫੋਰਮੈਟਿਕਸ ਸੈਂਟਰ (ਐਨਆਈਸੀ) ਦੁਆਰਾ ਕਰਵਾਏ ਜਾਣ ਵਾਲੇ ਇੱਕ ਵਿਸ਼ੇਸ਼ ਸਿਖਲਾਈ ਸੈਸ਼ਨ ਵਿੱਚ ਜ਼ਰੂਰ ਸ਼ਾਮਲ ਹੋਣ।”

ਇਹ ਹਦਾਇਤਾਂ ਵਿੱਤ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੌਰਾਨ ਦਿੱਤੀਆਂ ਗਈਆਂ। ਇਸ ਮੀਟਿੰਗ ਵਿੱਚ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਵਿਸ਼ੇਸ਼ ਮੁੱਖ ਸਕੱਤਰ ਖੇਡਾਂ ਅਤੇ ਯੁਵਕ ਸੇਵਾਵਾਂ ਸਰਵਜੀਤ ਸਿੰਘ, ਵਧੀਕ ਮੁੱਖ ਸਕੱਤਰ ਯੋਜਨਾਬੰਦੀ ਜਸਪ੍ਰੀਤ ਤਲਵਾੜ, ਵਧੀਕ ਮੁੱਖ ਸਕੱਤਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਕਾਸ ਪ੍ਰਤਾਪ, ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਕੁਮਾਰ ਰਾਹੁਲ, ਸਕੱਤਰ ਪੇਂਡੂ ਵਿਕਾਸ ਅਤੇ ਪੰਚਾਇਤਾਂ ਅਜੀਤ ਬਾਲਾਜੀ ਜੋਸ਼ੀ, ਸਕੱਤਰ ਸਥਾਨਕ ਸਰਕਾਰਾਂ ਮਨਜੀਤ ਸਿੰਘ ਬਰਾੜ, ਸਕੱਤਰ ਸਿੱਖਿਆ ਸੋਨਾਲੀ ਗਿਰੀ, ਸਕੱਤਰ ਪੰਜਾਬ ਰਾਜ ਖੇਤੀਬਾੜੀ ਮੰਡੀਕਰਨ ਬੋਰਡ ਕੁਮਾਰ ਅਮਿਤ, ਵਿਸ਼ੇਸ਼ ਸਕੱਤਰ ਲੋਕ ਨਿਰਮਾਣ ਵਿਭਾਗ ਹਰਗੁਣਜੀਤ ਕੌਰ, ਅਤੇ ਐਮ.ਡੀ. ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਅਮਿਤ ਤਲਵਾੜ ਸ਼ਾਮਲ ਹੋਏ। ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਇਸ ਕਾਰਵਾਈ ਵਿੱਚ ਹਿੱਸਾ ਲਿਆ।

More from BlogMore posts in Blog »
More from Latest NewsMore posts in Latest News »
More from NewsMore posts in News »
More from PunjabMore posts in Punjab »
More from PunjabiMore posts in Punjabi »

Be First to Comment

Leave a Reply

Your email address will not be published. Required fields are marked *