Press "Enter" to skip to content

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਚਾਰ ਸਾਲ ਵਿੱਚ ਹੀ ਪੂਰੇ ਕਰ ਕੇ ਰਚਿਆ ਇਤਿਹਾਸ: ਬਰਿੰਦਰ ਕੁਮਾਰ ਗੋਇਲ

ਲਹਿਰਾਗਾਗਾ, 26 ਮਾਰਚ : ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਰਕਾਰ ਨੇ ਆਪਣੇ ਵੱਲੋਂ ਦਿੱਤੀਆਂ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ ਹੋਣ, ਉਹ ਵੀ ਚਾਰ ਸਾਲ ਵਿੱਚ ਸਰਕਾਰ ਦਾ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਜਿਹਾ ਕਰ ਕੇ ਇਤਿਹਾਸ ਰਚ ਦਿੱਤਾ ਹੈ।

ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ ਵਿਸ਼ੇ ‘ਤੇ ਸੰਵਾਦ ਮੁਹਿੰਮ ਤਹਿਤ ਪਿੰਡ ਭਾਈ ਕੀ ਪਿਸ਼ੌਰ, ਲੇਹਲ ਕਲਾਂ, ਰਾਮਗੜ੍ਹ ਸੰਧੂਆਂ ਅਤੇ ਸੇਖੂਵਾਸ ਵਿਖੇ ਕਰਵਾਏ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਕਰਦਿਆਂ ਕੀਤਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਲਈ 10 ਲੱਖ ਰੁਪਏ ਤਕ ਦੀ ਸਿਹਤ ਗਰੰਟੀ, ਮਹਿਲਾਵਾਂ ਨੂੰ ਸਤਿਕਾਰ ਵਜੋਂ 1000 ਅਤੇ 1500 ਰੁਪਏ ਦੇਣ ਦੀ ਯੋਜਨਾ, ਸਕੂਲ ਆਫ਼ ਐਮੀਨੈਂਸ ਰਾਹੀਂ ਮਿਆਰੀ ਸਿੱਖਿਆ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ ਵਰਗੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ।

ਕਿਸਾਨਾਂ ਦੇ ਹਿੱਤਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪਹਿਲੀ ਵਾਰ ਪੰਜਾਬ ਵਿੱਚ ਦਿਨ ਦੇ ਸਮੇਂ ਖੇਤੀ ਲਈ ਬਿਜਲੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਨਹਿਰੀ ਪ੍ਰਣਾਲੀ ਨੂੰ ਮਜ਼ਬੂਤ ਕਰਕੇ ਲਗਭਗ 80 ਫ਼ੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ, ਜਿਸ ਨਾਲ ਜ਼ਮੀਨੀ ਪਾਣੀ ਦੀ ਵਰਤੋਂ ਘਟੀ ਹੈ ਅਤੇ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਸੁਧਰ ਰਿਹਾ ਹੈ।

ਪੰਜਾਬ ਦੀ ਸਿੰਚਾਈ ਪ੍ਰਣਾਲੀ ਵਿੱਚ ਹੋਏ ਕ੍ਰਾਂਤੀਕਾਰੀ ਬਦਲਾਅ ਬਾਰੇ ਗੱਲਬਾਤ ਕਰਦੇ ਹੋਏ ਸ਼੍ਰੀ ਗੋਇਲ ਨੇ ਕਿਹਾ ਕਿ ਸਾਲ 2022 ਵਿੱਚ ਨਹਿਰੀ ਸਿੰਚਾਈ ਨਾਲ ਸਿਰਫ਼ 26.50 ਫ਼ੀਸਦ ਸਿੰਚਾਈ ਕੀਤੀ ਜਾਂਦੀ ਸੀ ਜੋ ਵੱਧ ਕੇ ਅੱਜ 78 ਫ਼ੀਸਦ ਹੋ ਗਈ ਹੈ ਤੇ ਇਸ ਸਾਲ ਝੋਨੇ ਦੀ ਲਵਾਈ ਤੋਂ ਪਹਿਲਾਂ ਪਹਿਲਾਂ ਇਹ 86 ਫ਼ੀਸਦ ਹੋ ਜਾਵੇਗੀ। 1,446 ਪਿੰਡ ਅਜਿਹੇ ਹਨ ਜਿਨ੍ਹਾਂ ਤਕ ਨਹਿਰੀ ਪਾਣੀ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਪਹੁੰਚਿਆ ਗਿਆ ਹੈ।

ਸੂਬੇ ਦੇ ਲਗਭਗ 90 ਫ਼ੀਸਦੀ ਘਰੇਲੂ ਬਿਜਲੀ ਖਪਤਕਾਰਾਂ ਨੂੰ 600 ਯੂਨਿਟਾਂ ਤਕ ਸਬਸਿਡੀ ਦੇ ਨਾਲ ਜ਼ੀਰੋ ਬਿੱਲ ਮਿਲ ਰਹੇ ਹਨ। ਇਸ ਤੋਂ ਇਲਾਵਾ, ਸਰਕਾਰ ਵੱਲੋਂ 65,000 ਤੋਂ ਵੱਧ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 90,000 ਤੋਂ ਵੱਧ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸੜਕਾਂ ਦੇ ਵਿਕਾਸ ਵੱਲ ਵੱਡਾ ਧਿਆਨ ਦਿੰਦਿਆਂ ਲਗਭਗ 45,000 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਨੌਜਵਾਨਾਂ ਨੂੰ ਵੱਡੇ ਪੱਧਰ ਉੱਤੇ ਖੇਡਾਂ ਨਾਲ ਜੋੜਨ ਲਈ ਸੂਬੇ ਵਿੱਚ ਵੱਡੀ ਗਿਣਤੀ ਸਟੇਡੀਅਮ ਬਣਾਏ ਜਾ ਰਹੇ ਹਨ ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਉਪਰਾਲੇ ਵੱਡੇ ਪੱਧਰ ਉੱਤੇ ਜਾਰੀ ਹਨ।

ਸ਼੍ਰੀ ਗੋਇਲ ਨੇ ਦੱਸਿਆ ਕਿ 50 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ ਮੁਫ਼ਤ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ, ਜੋ ਉਨ੍ਹਾਂ ਲਈ ਸਨਮਾਨ ਦੀ ਨਿਸ਼ਾਨੀ ਹੈ। ਇਸ ਦੇ ਨਾਲ ਹੀ ਲੋੜਵੰਦ ਪਰਿਵਾਰਾਂ ਨੂੰ 2 ਕਿਲੋ ਦਾਲ, 2 ਕਿਲੋ ਖੰਡ, 1 ਕਿਲੋ ਲੂਣ, 200 ਗ੍ਰਾਮ ਹਲਦੀ ਅਤੇ 1 ਕਿਲੋ ਸਰੋਂ ਦਾ ਤੇਲ ਮੁਹੱਈਆ ਕਰਵਾਉਣ ਦੀ ਯੋਜਨਾ ਲਿਆਂਦੀ ਗਈ ਹੈ।

ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪਹਿਲਾਂ 04 ਕਰੋੜ ਰੁਪਏ ਦੀ ਲਾਗਤ ਨਾਲ ਘੱਗਰ ਦਰਿਆ ਦੇ ਕਿਨਾਰੇ ਮਜ਼ਬੂਤ ਕੀਤੇ ਗਏ ਸਨ, ਜਿਸ ਸਦਕਾ ਸਾਲ 2025 ਦੌਰਾਨ ਆਏ ਹੜ੍ਹਾਂ ਦੌਰਾਨ ਭਾਵੇਂ ਘੱਗਰ ਦਰਿਆ ਲਗਾਤਾਰ 10 ਦਿਨ ਖਤਰੇ ਦੇ ਨਿਸ਼ਾਨ ਤੋਂ ਉੱਪਰ ਚਲਦਾ ਰਿਹਾ ਪਰ ਲੋਕ ਘੱਗਰ ਦੀ ਮਾਰ ਬਚੇ ਰਹੇ ਤੇ ਹੁਣ ਘੱਗਰ ਦਰਿਆ ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ ਲਈ ਕਰੀਬ 12.42 ਕਰੋੜ ਰੁਪਏ ਹੋਰ ਖਰਚੇ ਜਾ ਰਹੇ ਹਨ।

ਇਸ ਦੇ ਨਾਲ-ਨਾਲ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਲਿਆ ਕੇ ਪੰਜਾਬ ਸਰਕਾਰ ਨੇ ਇਤਿਹਾਸਕ ਕਦਮ ਚੁੱਕਿਆ ਹੈ, ਜਿਸ ਨਾਲ ਇਸ ਖੇਤਰ ਦੇ ਲੋਕਾਂ ਨੂੰ ਕੇਵਲ ਮੈਡੀਕਲ ਸਹੂਲਤਾਂ ਹੀ ਨਹੀਂ ਮਿਲਣੀਆਂ, ਸਗੋਂ ਇਸ ਖੇਤਰ ਦੇ ਵਿਦਿਆਰਥੀਆਂ ਦਾ ਡਾਕਟਰ ਬਣਨ ਦਾ ਸੁਪਨਾ ਵੀ ਸਾਕਾਰ ਹੋਵੇਗਾ।

ਪੰਜਾਬ ਸਰਕਾਰ ਵੱਲੋਂ ਪੂਰਨ ਤਰਕਸੰਗਤ ਮਾਈਨਿੰਗ ਨੀਤੀ ਲਾਗੂ ਕੀਤੀ ਗਈ ਹੈ, ਜਿਸ ਨਾਲ ਜਿੱਥੇ ਪੰਜਾਬ ਦੇ ਕੁਦਰਤੀ ਸਰੋਤਾਂ ਦੀ ਸੁਚੱਜੀ ਸੰਭਾਲ ਹੋ ਰਹੀ ਹੈ, ਉੱਥੇ ਸੂਬੇ ਨੂੰ ਆਰਥਿਕ ਲਾਭ ਵੀ ਹੋ ਰਿਹਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਹੁਣ ਜਦੋਂ ਉਹ ਪਿੰਡਾਂ ਵਿੱਚ ਜਾ ਰਹੇ ਹਨ ਤਾਂ ਲੋਕਾਂ ਦੀ ਕੋਈ ਵੱਡੀ ਮੰਗ ਹੀ ਨਹੀਂ ਰਹਿ ਗਈ ਹੈ, ਸਗੋਂ ਲੋਕ ਪੰਜਾਬ ਸਰਕਾਰ ਦਾ ਧਨਵਾਦ ਕਰ ਰਹੇ ਹਨ।

ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਅਤੇ ਵੱਡੀ ਗਿਣਤੀ ਪਿੰਡਾਂ ਦੇ ਲੋਕ ਹਾਜ਼ਰ ਸਨ।

More from Latest NewsMore posts in Latest News »
More from NewsMore posts in News »
More from PunjabMore posts in Punjab »
More from PunjabiMore posts in Punjabi »

Be First to Comment

Leave a Reply

Your email address will not be published. Required fields are marked *