Press "Enter" to skip to content

ਸੱਤ ਨਵੇਂ ਮੈਡੀਕਲ ਕਾਲਜਾਂ ਨਾਲ ਉੱਨਤ ਸਿਹਤ ਸੰਭਾਲ ਢਾਂਚੇ ਦਾ ਸਾਖੀ ਬਣੇਗਾ ਪੰਜਾਬ

— ਹੁਸ਼ਿਆਰਪੁਰ ਵਿਖੇ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੀ ਉਸਾਰੀ 20 ਮਾਰਚ ਤੋਂ ਹੋਵੇਗੀ ਸ਼ੁਰੂ : ਸਿਹਤ ਮੰਤਰੀ ਡਾ. ਬਲਬੀਰ ਸਿੰਘ

— ਇਨ੍ਹਾਂ ਸੰਸਥਾਵਾਂ ਨਾਲ ਐਮ.ਬੀ.ਬੀ.ਐਸ. ਸੀਟਾਂ ਵਿੱਚ 600 ਹੋਰ ਸੀਟਾਂ ਦਾ ਹੋਵੇਗਾ ਵਾਧਾ, ਪੰਜਾਬ ਦੇ ਵਿਦਿਆਰਥੀਆਂ ਨੂੰ ਮੈਡੀਕਲ ਸਿੱਖਿਆ ਲਈ ਹੋਰਨਾਂ ਦੇਸ਼ਾਂ ਵਿੱਚ ਜਾਣ ਦੀ ਨਹੀਂ ਪਵੇਗੀ ਲੋੜ: ਡਾ. ਬਲਬੀਰ ਸਿੰਘ

— 274.75 ਕਰੋੜ ਦੀ ਲਾਗਤ ਨਾਲ 24 ਮਹੀਨਿਆਂ ਦੇ ਅੰਦਰ ਹੁਸ਼ਿਆਰਪੁਰ ਮੈਡੀਕਲ ਕਾਲਜ ਕੀਤਾ ਜਾਵੇਗਾ ਮੁਕੰਮਲ

ਚੰਡੀਗੜ੍ਹ, 5 ਮਾਰਚ 2026 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਸੂਬੇ ਵਿੱਚ ਸਿਹਤ ਸੰਭਾਲ ਅਤੇ ਮੈਡੀਕਲ ਸਿੱਖਿਆ ਨੂੰ ਹੋਰ ਬਿਹਤਰ ਬਣਾਉਣ ਲਈ ਮਿਸਾਲੀ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਭਰ ਵਿੱਚ ਸੱਤ ਨਵੇਂ ਮੈਡੀਕਲ ਕਾਲਜ ਸਥਾਪਤ ਕਰਨ ਦਾ ਐਲਾਨ ਕੀਤਾ।

ਇਸ ਪ੍ਰਾਜੈਕਟ ਤਹਿਤ ਦੋ ਸਰਕਾਰੀ ਮੈਡੀਕਲ ਕਾਲਜ, ਜਨਤਕ-ਨਿੱਜੀ ਭਾਈਵਾਲੀ (ਪੀਪੀਪੀ) ਮੋਡ ਅਧੀਨ ਦੋ ਕਾਲਜ ਇਸ ਤੋਂ ਇਲਾਵਾ ਨਿੱਜੀ ਅਤੇ ਘੱਟ -ਗਿਣਤੀ ਸੰਗਠਨਾਂ ਰਾਹੀਂ ਵਿਕਸਤ 3 ਕਾਲਜ ਸ਼ਾਮਲ ਹਨ।

ਡਾ. ਬਲਬੀਰ ਸਿੰਘ ਨੇ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਹੁਸ਼ਿਆਰਪੁਰ ਵਿੱਚ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦਾ ਨਿਰਮਾਣ ਕਾਰਜ 20 ਮਾਰਚ, 2026 ਨੂੰ ਸ਼ੁਰੂ ਹੋ ਜਾਵੇਗਾ। ਕੁੱਲ 24 ਮਹੀਨਿਆਂ ਦੀ ਮਿਆਦ ਵਿੱਚ ਵਿਕਸਤ ਹੋਣ ਜਾ ਰਿਹਾ ਇਹ ਇੰਸਟੀਚਿਊਟ ਮਾਰਚ 2028 ਵਿੱਚ ਮੁਕੰਮਲ ਹੋ ਜਾਵੇਗਾ । ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨੂੰ 274.75 ਕਰੋੜ ਦੀ ਪ੍ਰਸ਼ਾਸਕੀ ਪ੍ਰਵਾਨਗੀ ਮਿਲ ਗਈ ਹੈ। ਇਸ ਪ੍ਰਾਜੈਕਟ ਤਹਿਤ 300 ਬਿਸਤਰਿਆਂ ਵਾਲੇ ਹਸਪਤਾਲ ਦੇ ਨਾਲ-ਨਾਲ ਇੱਕ ਮੈਡੀਕਲ ਕਾਲਜ ਵੀ ਹੋਵੇਗਾ, ਜਿਸ ਵਿੱਚ ਸਾਲਾਨਾ ਐਮਬੀਬੀਐਸ ਦੀਆਂ 100 ਸੀਟਾਂ ਹੋਣਗੀਆਂ।

ਸਿਹਤ ਮੰਤਰੀ ਦੇ ਨਾਲ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ, ਵਿਸ਼ੇਸ਼ ਸਕੱਤਰ- ਕਮ –ਐਮ.ਡੀ. ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀ.ਐਚ.ਐਸ.ਸੀ.) ਅਮਿਤ ਤਲਵਾੜ ਅਤੇ ਡਾਇਰੈਕਟਰ ਖੋਜ ਅਤੇ ਮੈਡੀਕਲ ਸਿੱਖਿਆ ਡਾ. ਅਵਨੀਸ਼ ਕੁਮਾਰ ਵੀ ਮੌਜੂਦ ਸਨ।

ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਪਿਛਲੇ ਅਨੁਮਾਨਾਂ ਦੀ ਬਾਰੀਕੀ ਨਾਲ ਸਮੀਖਿਆ ਕਰਨ ਉਪਰੰਤ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪ੍ਰੋਜੈਕਟ ਦੀ ਅਨੁਮਾਨਤ ਲਾਗਤ ਜੋ ਪਹਿਲਾਂ 550 ਕਰੋੜ ਸੀ , ਨੂੰ 274 ਕਰੋੜ ਤੱਕ ਘਟਾਉਣ ਵਿੱਚ ਸਫ਼ਲਤਾ ਹਾਸਲ ਕੀਤੀ , ਜਿਸ ਨਾਲ ਲਗਭਗ 250 ਕਰੋੜ ਦੇ ਜਨਤਕ ਫੰਡਾਂ ਦੀ ਬਚਤ ਹੋਈ ਹੈ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਹੁਸ਼ਿਆਰਪੁਰ ਤੋਂ ਇਲਾਵਾ ਕਪੂਰਥਲਾ ਵਿੱਚ ਵੀ ਇੱਕ ਹੋਰ ਸਰਕਾਰੀ ਮੈਡੀਕਲ ਕਾਲਜ ਬਣਾਇਆ ਜਾ ਰਿਹਾ ਹੈ, ਜਿਸਦੀ ਟੈਂਡਰ ਪ੍ਰਕਿਰਿਆ ਪੂਰੀ ਹੋ ਗਈ ਹੈ ਅਤੇ ਉਸਾਰੀ ਜਲਦ ਹੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਸੇ ਤਰ੍ਹਾਂ ਸੰਗਰੂਰ ਅਤੇ ਐਸਬੀਐਸ ਨਗਰ ਵਿੱਚ ਵੀ ਪੀ.ਪੀ.ਪੀ. ਮੋਡ ਰਾਹੀਂ ਕਾਲਜ ਖੋਲ੍ਹੇ ਜਾਣਗੇ, ਜਿਨ੍ਹਾਂ ਦੀ ਟੈਂਡਰ ਪ੍ਰਕਿਰਿਆ ਚੱਲ ਰਹੀ ਹੈ।

ਇਸ ਤੋਂ ਇਲਾਵਾ ਲਹਿਰਾਗਾਗਾ ਵਿੱਚ ਵੀ ਜੈਨ ਸਮਾਜ ਵਲੋਂ ਕਾਲਜ ਬਣਨ ਜਾ ਰਿਹਾ ਹੈ, ਜਿਸ ਲਈ ਸਰਕਾਰ ਨੇ ਸਮਝੌਤਾ ਸਹੀਬੱਧ ਕਰਕੇ ਜ਼ਮੀਨ ਲੀਜ਼ ’ਤੇ ਲੈ ਲਈ ਹੈ। ਜਦੋਂ ਕਿ ਮਲੇਰਕੋਟਲਾ ਵਿੱਚ ਮੁਸਲਿਮ ਸਮਾਜ ਵੱਲੋਂ ਬਣਾਏ ਜਾ ਰਹੇ ਕਾਲਜ ਲਈ ਡੀਪੀਆਰ ਕੇਂਦਰ ਸਰਕਾਰ ਨੂੰ ਜਮ੍ਹਾਂ ਕਰਵਾ ਦਿੱਤਾ ਗਿਆ ਹੈ। ਇਸੇ ਤਰ੍ਹਾਂ ਲੁਧਿਆਣਾ ਦੇ ਨੇੜੇ ਵੀ ਇੱਕ ਪ੍ਰਾਈਵੇਟ ਮੈਡੀਕਲ ਕਾਲਜ ਬਣ ਰਿਹਾ ਹੈ।

ਸਿਹਤ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਸੱਤ ਮੈਡੀਕਲ ਕਾਲਜਾਂ ਬਣਨ ਨਾਲ ਸੂਬੇ ਦੀ ਮੈਡੀਕਲ ਸਿੱਖਿਆ ਸਮਰੱਥਾ ਵਿੱਚ ਕਾਫ਼ੀ ਵਾਧਾ ਹੋਵੇਗਾ ਅਤੇ ਸਥਾਨਕ ਵਿਦਿਆਰਥੀਆਂ ਨੂੰ ਹੁਣ ਮੈਡੀਕਲ ਦੀ ਪੜ੍ਹਾਈ ਲਈ ਯੂਕਰੇਨ, ਚੀਨ ਜਾਂ ਨੇਪਾਲ ਵਰਗੇ ਦੇਸ਼ਾਂ ਵਿੱਚ ਨਹੀਂ ਜਾਣਾ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਵੇਲੇ 1900 ਐਮ.ਬੀ.ਬੀ.ਐਸ. ਸੀਟਾਂ ਵਾਲੇ 13 ਮੈਡੀਕਲ ਕਾਲਜ ਹਨ ਅਤੇ ਇਨ੍ਹਾਂ ਨਵੇਂ ਕਾਲਜਾਂ ਨਾਲ ਲਗਭਗ 600 ਸੀਟਾਂ ਦਾ ਵਾਧਾ ਹੋਵੇਗਾ ।

ਡਾ. ਬਲਬੀਰ ਸਿੰਘ ਨੇ ਇਹ ਵੀ ਐਲਾਨ ਕੀਤਾ ਕਿ ਪਟਿਆਲਾ, ਅੰਮ੍ਰਿਤਸਰ ਅਤੇ ਫਰੀਦਕੋਟ ਵਿੱਚ ਮੌਜੂਦਾ ਮੈਡੀਕਲ ਕਾਲਜਾਂ ਨੂੰ ਸੁਪਰ-ਸਪੈਸ਼ਲਿਟੀ ਸੇਵਾਵਾਂ ਪ੍ਰਦਾਨ ਕਰਨ ਲਈ ਪੋਸਟ ਗ੍ਰੈਜੂਏਟ ਇੰਸਟੀਚਿਊਟ ਦੇ ਪੱਧਰ ਤੱਕ ਅਪਗ੍ਰੇਡ ਕੀਤਾ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਹੁਸ਼ਿਆਰਪੁਰ ਵਿੱਚ ਬਣਨ ਜਾ ਰਹੇ ਇੰਸਟੀਚਿਊਟ ਵਿੱਚ ਇੱਕ ਪੰਜ ਮੰਜ਼ਿਲਾ ਹਸਪਤਾਲ ਅਤੇ ਇੱਕ ਤਿੰਨ ਮੰਜ਼ਿਲਾ ਮੈਡੀਕਲ ਕਾਲਜ ਦੀ ਇਮਾਰਤ ਸ਼ਾਮਲ ਹੈ, ਜੋ ਆਧੁਨਿਕ ਲੈਬਾਰਰਿਟਰੀਜ਼, ਲਾਇਬ੍ਰੇਰੀ ਅਤੇ ਇੱਕ 500 ਸੀਟਾਂ ਵਾਲੇ ਆਡੀਟੋਰੀਅਮ ਨਾਲ ਲੈਸ ਹੋਵੇਗੀ। ਕਲੀਨਿਕਲ ਬੁਨਿਆਦੀ ਢਾਂਚਾ ਆਈ.ਸੀ.ਯੂ., ਜਨਰਲ ਸਰਜਰੀ, ਆਰਥੋਪੈਡਿਕਸ ਅਤੇ ਮਨੋਵਿਗਿਆਨ ਸਮੇਤ ਐਮਆਰਆਈ ਅਤੇ ਸੀਟੀ ਸਕੈਨ ਵਰਗੇ ਉੱਨਤ ਡਾਇਗਨੌਸਟਿਕਸ ਦੀ ਵੀ ਸਹੂਲਤ ਹੋਵੇਗੀ।

More from HealthMore posts in Health »
More from Latest NewsMore posts in Latest News »
More from NewsMore posts in News »
More from PunjabMore posts in Punjab »
More from PunjabiMore posts in Punjabi »

Be First to Comment

Leave a Reply

Your email address will not be published. Required fields are marked *